ਸ਼ਹੀਦ ਭਾਈ ਜੁਗਰਾਜ ਸਿੰਘ ਜੀ ਤੂਫਾਨ ਦੇ ਸ਼ਹੀਦੀ ਦਿਹਾੜੇ ਮੌਕੇ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਦੌਰਾਨ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਭਾਈ ਸਾਹਿਬ ਦਾ ਜੀਵਨ ਸਿੱਖੀ ਸਿਦਕ, ਦਲੇਰੀ ਅਤੇ ਕੌਮੀ ਜਜ਼ਬੇ ਦੀ ਇੱਕ ਮਿਸਾਲ ਰਿਹਾ ਹੈ। ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਕੌਮ ਦੇ ਸੰਘਰਸ਼ ਵਿੱਚ ਪਾਇਆ ਗਿਆ ਅਣਮੁੱਲਾ ਯੋਗਦਾਨ ਹਮੇਸ਼ਾ ਸੁਨਹਿਰੀ ਅੱਖਰਾਂ ਵਿੱਚ ਯਾਦ ਰੱਖਿਆ ਜਾਵੇਗਾ। ਇਸ ਮੌਕੇ ਪਰਿਵਾਰ ਤੋਂ ਇਲਾਵਾ ਇਲਾਕੇ ਦੀਆਂ ਸਮੂਹ ਸੰਗਤਾਂ, ਕਈ ਪਤਵੰਤੇ ਸੱਜਣ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਸਭ ਨੇ ਮਿਲ ਕੇ ਭਾਈ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦਾ ਪ੍ਰਣ ਲਿਆ। ਸ਼ਹੀਦ ਕਿਸੇ ਵੀ ਕੌਮ ਦਾ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ; ਉਨ੍ਹਾਂ ਦੀਆਂ ਕੁਰਬਾਨੀਆਂ ਹੀ ਆਉਣ ਵਾਲੀਆਂ ਨਸਲਾਂ ਲਈ ਚਾਨਣ-ਮੁਨਾਰੇ ਦਾ ਕੰਮ ਕਰਦੀਆਂ ਹਨ। ਸਿੱਖ ਧਰਮ ਦੀ ਨੀਂਹ ਸ਼ਹੀਦਾਂ ਦੇ ਖੂਨ ਅਤੇ ਅਦੁੱਤੀ ਕੁਰਬਾਨੀਆਂ ‘ਤੇ ਟਿਕੀ ਹੋਈ ਹੈ। ਇਹ ਸ਼ਹਾਦਤ ਸਾਨੂੰ ਅਹਿਸਾਸ ਕਰਵਾਉਂਦੀ ਹੈ ਕਿ ਸਾਨੂੰ ਆਪਣੇ ਧਰਮ ਅਤੇ ਮਨੁਖਤਾ ਦੇ ਭਲੇ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਅਰਦਾਸ ਹੈ ਕਿ ਸੱਚੇ ਪਾਤਸ਼ਾਹ ਸ਼ਹੀਦ ਭਾਈ ਜੁਗਰਾਜ ਸਿੰਘ ਜੀ ਦੇ ਪਰਿਵਾਰ ‘ਤੇ ਮਿਹਰ ਭਰਿਆ ਹੱਥ ਰੱਖਣ, ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਮੁੱਚੀ ਕੌਮ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਬਲਬੁੱਧੀ ਬਖਸ਼ਣ।

