ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਅੱਜ ਸੱਚੇ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਅਤੇ ਰਹਿਮਤ ਸਦਕਾ, ਇਸ ਮਹਾਨ ਅਸਥਾਨ ‘ਤੇ ਹਾਜ਼ਰੀ ਭਰਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਦਾ ਪਰਮ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ-ਬੇਨਤੀ ਕਰਨ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਪੂਰੀ ਮਰਯਾਦਾ ਅਨੁਸਾਰ ਕੀਤੀ ਗਈ। ਇਹ ਉਹੀ ਇਤਿਹਾਸਕ ਅਸਥਾਨ ਹੈ ਜਿੱਥੇ ਸੰਨ 1699 ਦੀ ਵਿਸਾਖੀ ਵਾਲੇ ਦਿਨ, ਦਸਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇੱਕ ਨਿਵੇਕਲਾ ਇਤਿਹਾਸ ਸਿਰਜਦਿਆਂ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਚਵਰ ਤਖਤ ਦੇ ਮਾਲਕ, ਸਰਬੰਸਦਾਨੀ, ਸਾਹਿਬ-ਏ-ਕਮਾਲ ਨੇ ਪੰਜਾਂ ਪਿਆਰਿਆਂ ਨੂੰ ਖੰਡੇ-ਬਾਟੇ ਦੀ ਪਾਹੁਲ ਛਕਾ ਕੇ ਸਿੰਘ ਸਜਾਇਆ ਅਤੇ ਫਿਰ ਨਿਮਰਤਾ ਦੀ ਮਿਸਾਲ ਪੈਦਾ ਕਰਦਿਆਂ ਉਨ੍ਹਾਂ ਪਾਸੋਂ ਖ਼ੁਦ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸੇ ਲਈ ਅੱਜ ਵੀ ਪੂਰੀ ਦੁਨੀਆ ਗਾਉਂਦੀ ਹੈ: ਵਾਹੁ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ। ਵਾਹੁ-ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ। ਇਸ ਪਵਿੱਤਰ ਮੌਕੇ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਜੋਗਿੰਦਰ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ ਅਤੇ ਸ. ਹਰਦੇਵ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਸਮੂਹ ਨਾਨਕ ਲੇਵਾ ਸੰਗਤਾਂ ਨੂੰ ਸੁਨੇਹਾ ਹੈ ਕਿ ਇਸ ਮਹਾਨ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵੱਡੀ ਗਿਣਤੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੋ। ਆਓ, ਖ਼ਾਲਸਾਈ ਜਾਹੋ-ਜਲਾਲ ਦੇ ਦਰਸ਼ਨ ਕਰੀਏ ਅਤੇ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣੀਏ

