ਅੰਮ੍ਰਿਤਸਰ, 23 ਜੂਨ: ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਹਰਿਆਣਾ ਦੇ ਸਿਰਸਾ ਤੋਂ ਆਏ ਸ਼ਰਧਾਲੂਆਂ ਦੇ ਇਕ ਜਥੇ ਨਾਲ ਅੰਮ੍ਰਿਤਸਰ ਵਿੱਚ ਬਹੁਤ ਹੀ ਦੁਖਦਾਈ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 13 ਸਾਲਾ ਅੰਮ੍ਰਿਤਧਾਰੀ ਸਿੱਖ ਬੱਚੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਿਰਸਾ ਤੋਂ ਕਰੀਬ 15 ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚਿਆ ਸੀ। ਰਾਤ ਕਰੀਬ 2 ਵਜੇ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਬਾਹਰ SGPC ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਅਚਾਨਕ ਇੱਕ ਪੁਰਾਣਾ ਅਤੇ ਵਿਸ਼ਾਲ ਦਰੱਖਤ ਡਿੱਗ ਪਿਆ, ਜਿਸ ਦੀ ਲਪੇਟ ਵਿੱਚ ਆ ਕੇ 13 ਸਾਲਾ ਰਾਜਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਰਾਜਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ। ਰੇਲਵੇ ਪੁਲਿਸ ਦੇ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ

