ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦੇ ਪ੍ਰਬੰਧ ਨਾਲ ਸਬੰਧਤ 70 ਸਾਲ ਪੁਰਾਣੇ 1956 ਦੇ ਐਕਟ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਨਵੇਂ ਕਾਨੂੰਨ “ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ” ਦਾ ਖਾਕਾ ਵੀ ਮਨਜ਼ੂਰ ਕੀਤਾ ਹੈ।
ਸਰਕਾਰੀ ਪ੍ਰਸਤਾਵ ਅਨੁਸਾਰ ਨਵਾਂ ਕਾਨੂੰਨ ਕਾਨੂੰਨ ਅਤੇ ਨਿਆਂ ਵਿਭਾਗ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਮਹਾਰਾਸ਼ਟਰ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਗੁਰਦੁਆਰਾ ਬੋਰਡ ਦੇ ਪ੍ਰਬੰਧ, ਚੋਣਾਂ ਅਤੇ ਬਾਈਲਾਜ਼ ਸਬੰਧੀ ਨਵੇਂ ਨਿਯਮ ਬਣਾਏ ਜਾਣਗੇ। ਇਸ ਫ਼ੈਸਲੇ ਤੋਂ ਬਾਅਦ ਸਿੱਖ ਪੰਥ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਕਦਮ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਤਖ਼ਤਾਂ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਸਿੱਖ ਸੰਸਥਾਵਾਂ ਦੀ ਖੁਦਮੁਖਤਿਆਰੀ ਲਈ ਚਿੰਤਾ ਦਾ ਵਿਸ਼ਾ ਹੈ।
ਸਿੱਖ ਜਥੇਬੰਦੀਆਂ ਅਤੇ ਹਜ਼ੂਰ ਸਾਹਿਬ ਨਾਲ ਜੁੜੇ ਆਗੂਆਂ ਵੱਲੋਂ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਸਲੇ ‘ਤੇ ਹੋਰ ਪ੍ਰਤੀਕਿਰਿਆਵਾਂ ਸਾਹਮਣੇ ਆ ਸਕਦੀਆਂ ਹਨ।

