ਪਾਕਿਸਤਾਨ ਦੇ ਫਾਰੂਕਾਬਾਦ ਖੇਤਰ ਵਿੱਚ ਸਥਿਤ ਲਗਭਗ 125 ਸਾਲ ਪੁਰਾਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਨੁਕਸਾਨ ਪਹੁੰਚਾਏ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਘਟਨਾ ‘ਤੇ ਭਾਰਤ ਸਰਕਾਰ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਦੀ ਨਿੰਦਾ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਾਲ ਹੀ, ਭਾਰਤ ਨੇ ਪਾਕਿਸਤਾਨ ਵਿੱਚ ਸਥਿਤ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਧਾਰਮਿਕ ਵਿਰਾਸਤ ਨਾਲ ਜੁੜੇ ਅਸਥਾਨਾਂ ਦੀ ਰੱਖਿਆ ਕਰਨਾ ਹਰ ਦੇਸ਼ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।

