ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 5 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਹੈ। ਇਹ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਬੁਲਾਇਆ ਜਾ ਰਿਹਾ ਹੈ, ਜਿਸ ਵਿੱਚ ਬੇਅਦਬੀ ਵਿਰੋਧੀ ਕਾਨੂੰਨ, ਪੰਥ ਸਾਹਮਣੇ ਖੜ੍ਹੀਆਂ ਚੁਣੌਤੀਆਂ ਅਤੇ ਹੋਰ ਅਹਿਮ ਧਾਰਮਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। SGPC ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਪੰਥਕ ਸ਼ਖਸੀਅਤਾਂ ਨੂੰ ਇਸ ਇਕੱਠ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਇਸ ਇਕੱਠ ਦਾ ਮਕਸਦ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਮੌਜੂਦਾ ਮੁੱਦਿਆਂ ‘ਤੇ ਸਾਂਝੀ ਰਣਨੀਤੀ ਤਿਆਰ ਕਰਨੀ ਹੈ।

