ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ 24 ਜੁਲਾਈ, ਮੀਰੀ-ਪੀਰੀ ਦਿਵਸ ਮੌਕੇ, ਖਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਵੇਗੀ। ਇਹ ਐਲਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਏ ਪੰਥਕ ਇਕੱਠ ਦੌਰਾਨ ਕੀਤਾ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਵਹੀਰ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨਾ, ਗੁਰਮਤਿ ਦਾ ਪ੍ਰਚਾਰ ਕਰਨਾ ਅਤੇ ਸੰਗਤ ਵਿੱਚ ਸਿੱਖ ਇਤਿਹਾਸ ਤੇ ਸਿਧਾਂਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵਹੀਰ ਦੌਰਾਨ ਵੱਖ-ਵੱਖ ਥਾਵਾਂ ‘ਤੇ ਸੰਗਤ ਨਾਲ ਮਿਲਣ, ਗੁਰਮਤਿ ਵਿਚਾਰਾਂ ਦਾ ਪ੍ਰਚਾਰ ਕਰਨ ਅਤੇ ਸਮਾਜਿਕ ਬੁਰਾਈਆਂ, ਖ਼ਾਸ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਿੱਖ ਨੌਜਵਾਨਾਂ ਨੂੰ ਪੰਥ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਵੱਲੋਂ ਮਿਲਿਆ ਸਮਰਥਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਅਥਾਰਟੀ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਸੇ ਦੌਰਾਨ ਖਾਲਸਾ ਵਹੀਰ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ 24 ਜੁਲਾਈ ਨੂੰ ਵੱਡੀ ਗਿਣਤੀ ਵਿੱਚ ਸੰਗਤ ਇਸ ਧਾਰਮਿਕ ਯਾਤਰਾ ਵਿੱਚ ਸ਼ਾਮਲ ਹੋ ਸਕੇ।

