ਯੂਨਾਈਟਡ ਕਿੰਗਡਮ (ਯੂਕੇ) ਪਹੁੰਚਣ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਥਾਨਕ ਸਿੱਖ ਸੰਗਤ ਵੱਲੋਂ ਨਿੱਘੇ ਪਿਆਰ ਅਤੇ ਸਤਿਕਾਰ ਨਾਲ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਨੁਮਾਇੰਦਿਆਂ ਨੇ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਭੇਟ ਕਰਕੇ ਜਥੇਦਾਰ ਸਾਹਿਬ ਦਾ ਸਨਮਾਨ ਕੀਤਾ।
ਸੰਗਤਾਂ ਨੇ ਜਥੇਦਾਰ ਸਾਹਿਬ ਦੀ ਆਮਦ ਨੂੰ ਪੰਥ ਲਈ ਮਹੱਤਵਪੂਰਨ ਦੱਸਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਯਾਤਰਾ ਦੌਰਾਨ ਗੁਰਮਤਿ ਵਿਚਾਰਾਂ ਦਾ ਪ੍ਰਚਾਰ ਹੋਵੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਪੰਥਕ ਕਦਰਾਂ-ਕੀਮਤਾਂ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਲਈ ਪ੍ਰੇਰਣਾ ਮਿਲੇਗੀ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਸਿੱਖੀ ਨਾਲ ਡੂੰਘਾ ਪਿਆਰ ਰੱਖਦੀਆਂ ਹਨ ਅਤੇ ਗੁਰੂ ਘਰ ਨਾਲ ਜੁੜ ਕੇ ਪੰਥ ਦੀ ਚੜ੍ਹਦੀ ਕਲਾ ਲਈ ਨਿਰੰਤਰ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।

